ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਪ੍ਰੇਮਲਤਾ ਅਤੇ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਵਿਚਕਾਰ ਮੁਕਾਬਲਾ ਹੋਵੇਗਾ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੇ ਜਸਬੀਰ ਸਿੰਘ ਬੰਟੀ ਅਤੇ ਭਾਜਪਾ ਦੀ ਬਿਮਲਾ ਦੂਬੇ ਵਿਚਕਾਰ ਮੁਕਾਬਲਾ ਹੋਵੇਗਾ। ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੀ ਤਰੁਣਾ ਮਹਿਤਾ ਅਤੇ ਭਾਜਪਾ ਦੇ ਲਖਬੀਰ ਬਿੱਲੂ ਵਿਚਕਾਰ ਮੁਕਾਬਲਾ ਹੋਵੇਗਾ।
ਆਮ ਆਦਮੀ ਪਾਰਟੀ ਨੇ ਕੌਂਸਲਰ ਪ੍ਰੇਮਲਤਾ ਨੂੰ ਮੇਅਰ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਹਾਲਾਂਕਿ, ਪ੍ਰੇਮਲਤਾ ਨੂੰ ਉਮੀਦਵਾਰ ਐਲਾਨੇ ਜਾਣ ‘ਤੇ ਕੁਝ ਕਾਂਗਰਸੀ ਕੌਂਸਲਰਾਂ ਵਿੱਚ ਅਸੰਤੁਸ਼ਟੀ ਦੇਖੀ ਜਾ ਰਹੀ ਹੈ। ਫਿਲਹਾਲ ਕੋਈ ਵੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪ੍ਰੇਮਲਤਾ ਦੇ ਨਾਮ ਦਾ ਐਲਾਨ ਕੀਤਾ ਗਿਆ ਤਾਂ ਇੱਕ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਇੱਕ ਕੌਂਸਲਰ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।