ਚੰਡੀਗੜ੍ਹ, 5 ਅਪ੍ਰੈਲ ((ਜਗਦੇਵ ਸਿੰਘ) )
ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਫਤਿਹ ਜੰਗ ਸਿੰਘ ਬਾਜਵਾ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਿੱਚ ਕਟੌਤੀ ਨੂੰ ਬਹੁਤ ਗੰਭੀਰ ਮਾਮਲਾ ਦੱਸਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਸੁਰੱਖਿਆ ਘਟਾਉਣ ਦੇ ਆਪਣੇ ਕਾਰਨ ਦੱਸ ਰਹੀ ਹੈ, ਪਰ ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਇਹ ਸਭ ਕੁਝ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਭਗਵੰਤ ਮਾਨ ਨੂੰ ਸਾਫ਼-ਸੁਥਰੀ ਰਾਜਨੀਤੀ ਕਰਨ ਦੀ ਸਲਾਹ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਅਜਿਹਾ ਘਟੀਆ ਕੰਮ ਕਰਕੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸ਼ਾਨ ਨੂੰ ਹੀ ਘਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਜੀਠੀਆ ਵਿਰੁੱਧ ਜਿੰਨੀਆਂ ਵੀ ਜਾਂਚਾਂ ਜਾਂ ਐਸਆਈਟੀ ਬਣਾ ਕੇ ਜਾਂਚ ਕਰਵਾਏ, ਪਰ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਜਾਨ ਨਾਲ ਖੇਡਣ ਦਾ ਕੋਈ ਹੱਕ ਨਹੀਂ ਹੈ।
ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਕਦਮ ਸਪੱਸ਼ਟ ਤੌਰ ‘ਤੇ ਰਾਜਨੀਤਿਕ ਬਦਲਾਖੋਰੀ ਨੂੰ ਦਰਸਾਉਂਦਾ ਹੈ। ਮਜੀਠੀਆ ਜਿਸ ਤਰੀਕੇ ਨਾਲ ਸਰਕਾਰ ਅਤੇ ਮੁੱਖ ਮੰਤਰੀ ਮਾਨ ਵਿਰੁੱਧ ਬਿਆਨ ਦਿੰਦੇ ਹਨ, ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਰਾਜ਼ ਕਰ ਸਕਦਾ ਹੈ, ਪਰ ਇਸ ਲਈ ਉਨ੍ਹਾਂ ਨੂੰ ਸੁਰੱਖਿਆ ਘਟਾ ਕੇ ਕਿਸੇ ਦੀ ਜਾਨ ਨੂੰ ਜੋਖਮ ਵਿੱਚ ਨਹੀਂ ਪਾਉਣਾ ਚਾਹੀਦਾ। ਮੁੱਖ ਮੰਤਰੀ ਮਾਨ ਨੂੰ ਸੁਰੱਖਿਆ ਵਿੱਚ ਇਸੇ ਤਰ੍ਹਾਂ ਦੀ ਕੁਤਾਹੀ ਕਾਰਨ ਸਿੱਧੂ ਮੂਸੇਵਾਲਾ ਵਰਗੀ ਸ਼ਖਸੀਅਤ ਦੇ ਕਤਲ ਤੋਂ ਸਬਕ ਸਿੱਖਣਾ ਚਾਹੀਦਾ ਹੈ।