ਅੰਮ੍ਰਿਤਸਰ, 15 ਅਕਤੂਬਰ-(ਹਰਬੰਸ ਸਿੰਘ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਹੋਰ ਦੋ ਟਰੱਕ ਅੱਜ ਸੁਲਤਾਨਪੁਰ ਲੋਧੀ ਲਈ ਰਵਾਨਾ ਕੀਤੇ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਵੱਖ ਵੱਖ ਥਾਵਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ ਸੀ। ਭੇਜੀ ਗਈ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੇ ਸਮਾਨ ਦੇ ਨਾਲ-ਨਾਲ ਸਰਦੀਆਂ ਲਈ ਭਾਰੀ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ।
ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਪੀੜਤਾਂ ਦੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਹਰ ਸੰਭਵ ਮੱਦਦ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਲੋੜ ਅਨੁਸਾਰ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਮਾਨ ਭੇਜਿਆ ਜਾ ਰਿਹਾ ਹੈ ਤਾਂ ਜੋਂ ਪੀੜਤਾਂ ਦੀਆਂ ਲੋੜਾਂ ਪੂਰੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸੰਗਤਾਂ ਵੀ ਵੱਡਾ ਸਹਿਯੋਗ ਦੇ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਲਾਤ ਆਮ ਵਰਗੇ ਹੋਣ ਤੱਕ ਰਾਹਤ ਸੇਵਾਵਾਂ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।