ਅੰਮ੍ਰਿਤਸਰ, 24 ਅਕਤੂਬਰ (ਹਰਬੰਸ ਸਿੰਘ)

ਗਿਆਨੀ ਰਘਬੀਰ ਸਿੰਘ, ਜਥੇਦਾਰ ਟੇਕ ਸਿੰਘ ਤੇ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਕੁੰਮਾ ਮਾਸ਼ਕੀ ਜੀ ਦੇ ਨਾਲ-ਨਾਲ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਭਾਈ।
ਇਸ ਮੌਕੇ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਕੇ ਸਿੱਖ ਸੰਸਥਾ ਵੱਲੋਂ ਉਨ੍ਹਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਛੱਡਣ ਤੋਂ ਬਾਅਦ ਪਏ ਪਰਿਵਾਰ ਵਿਛੋੜੇ ਮਗਰੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸੇਵਾ ਕਰਨ ਵਾਲੇ ਭਾਈ ਕੁੰਮਾ ਮਾਸ਼ਕੀ ਜੀ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਨੇ ਹਕੂਮਤਾਂ ਦੀ ਪ੍ਰਵਾਹ ਕੀਤੇ ਬਗੈਰ ਗੁਰੂ ਪਰਿਵਾਰ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਭਾਈ ਕੁੰਮਾ ਮਾਸ਼ਕੀ ਜੀ ਦਾ ਜੀਵਨ ਸੰਗਤਾਂ ਲਈ ਹਮੇਸ਼ਾ ਪ੍ਰੇਰਣਾਮਈ ਰਹੇਗਾ।
ਗਿਆਨੀ ਰਘਬੀਰ ਸਿੰਘ ਨੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਾਰਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੀ। ਉਨ੍ਹਾਂ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਜਿਥੇ ਸਕੂਲ, ਕਾਲਜ ਤੇ ਹਸਪਤਾਲ ਸਥਾਪਤ ਕੀਤੇ, ਉਥੇ ਹੀ ਲੋੜਵੰਦ ਲੜਕੀਆਂ ਦੀ ਵਿਦਿਆ ਲਈ ਵੀ ਵਿਸ਼ੇਸ਼ ਯਤਨ ਕੀਤੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਬਾਬਾ ਮੋਹਨ ਸਿੰਘ ਮਤਵਾਲਾ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਗੁਰਮਤਿ ਵਿਦਿਆਲਾ ਸਥਾਪਤ ਕਰਕੇ ਅਨੇਕਾਂ ਗ੍ਰੰਥੀ, ਰਾਗੀ ਅਤੇ ਕਥਾਵਾਚਕ ਤਿਆਰ ਕੀਤੇ, ਜੋ ਸਿੱਖੀ ਪ੍ਰਚਾਰ ਪ੍ਰਸਾਰ ਲਈ ਵੱਡਾ ਕਾਰਜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸੰਬੋਧਨ ਕਰਦਿਆਂ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਵਿਚਾਰ ਪ੍ਰਗਟਾਏ। ਉਨ੍ਹਾਂ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬਾਬਾ ਗੁਰਦੇਵ ਸਿੰਘ ਕੁੱਲ੍ਹੀਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਡਾ. ਧਰਮਵੀਰ ਸਿੰਘ ਕਾਰਸੇਵਾ ਬਾਬਾ ਅਟੱਲ ਰਾਏ ਸਾਹਿਬ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਦਿਆਲ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਭਾਈ ਪ੍ਰੇਮ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਅਜੈ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਬਾਬਾ ਨਿਰੰਜਨਮੋਹਨ ਸਿੰਘ, ਬਾਬਾ ਨਛੱਤਰ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਸ ਹਰਵਿੰਦਰ ਸਿੰਘ ਲਿਟਲ ਅਤੇ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਸ਼ੇਅਰ