ਚੰਡੀਗੜ੍ਹ / ਗੁਰਕ੍ਰਿਪਾ ਬਿਊਰੋ /ਨਵੰਬਰ /11/2024

ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਿੰਦਰ ਸਿੰਘ ਜੀ ਭਰਤਗੜ੍ਹ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਜਸਵੰਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਿੰਘ ਸਾਹਿਬ ਭਾਈ ਗੁਰਪ੍ਰੀਤ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਗੁਰਦਿਆਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਦਲੀਪ ਸਿੰਘ ਜੀ ਪਟਿਆਲੇ ਵਾਲੇ, ਭਾਈ ਰਣਜੀਤ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣਾ, ਭਾਈ ਪਰਵਿੰਦਰ ਸਿੰਘ ਜੀ ਪਿਪਲੀ ਸਾਹਿਬ, ਮਿੱਤਰ ਪਿਆਰੇ ਨੂੰ ਕੀਤਰਨੀ ਜੱਥਾ, ਭਾਈ ਗੁਰਨਾਮ ਸਿੰਘ ਦੇ ਜੱਥਿਆਂ ਤੋ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

ਸ਼ੇਅਰ